ਹਲਕੇ ‘ਚ ‘ਆਪ” ਦੇ ਗੱਭਰੂ ਜਵਾਨਾਂ ਨੇ ਲੋਕ ਸਭਾ ਚੋਣਾਂ ਦੀ ਖਿੱਚੀ ਤਿਆਰੀ-ਵਿਧਾਇਕ ਰੰਧਾਵਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਚੋਣਾਂ ਨੂੰ ਲੈਕੇ ਪਾਰਟੀ ਦੇ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਭਰਵੀਂ ਮੀਟਿੰਗ

ਲੰਘੀਆਂ ਸਰਕਾਰਾਂ ਦੇ 40 ਸਾਲਾਂ ਤੇ ਬੀਤੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਆਏ ਬਦਲਾਅ ਬਾਰੇ ਵੋਟਰਾਂ ਨੂੰ ਕੀਤਾ ਜਾਵੇ ਜਾਗਰੂਕ 

ਮੁਕਾਬਲੇ ਲਈ ਲੋਕ ਵੀ ‘ਇਨਸਾਨੀਅਤ’, ‘ਜਮਹੂਰੀਅਤ’ ਅਤੇ ‘ਪੰਜਾਬੀਅਤ’ ਦੀ ਰਾਖੀ ਲਈ ਤਿਆਰ

ਜ਼ੀਰਕਪੁਰ,1 ਅਪ੍ਰੈਲ (ਮੇਸ਼ੀ ਤਪਾ) ਡੇਰਾਬੱਸੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕੇ ਦੇ ਅਹੁਦੇਦਾਰਾਂ, ਬਲਾਕ ਪ੍ਰਧਾਨਾਂ ਅਤੇ ਵਲੰਟੀਅਰ ਨਾਲ ਆਪਣੇ ਜ਼ੀਰਕਪੁਰ ਸਥਿਤ ਦਫਤਰ ਵਿਖੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਤੇ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਜੁੜੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਬਿਨਾਂ ਕਿਸੇ ਗੱਠਜੋੜ ਦੇ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕਰਕੇ ਗੱਠਜੋੜ ਸਬੰਧੀ ਸਾਰੀ ਸਥਿਤੀ ਸਪਸ਼ਟ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚੋਂ ਫਿਰਕਾ ਪ੍ਰਸਤ ਪਾਰਟੀਆਂ ਦੀ ਰਾਜਨੀਤੀ ਖਤਮ ਕਰਨ ਲਈ ਇਹਨਾਂ 13 ਲੋਕ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਪ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਿਲ ਕਰਕੇ ਸੂਬੇ ਵਿੱਚ ਸਰਕਾਰ ਬਣਾਈ ਹੈ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ 13 ਸੀਟਾਂ ਜਿੱਤਣ ਲਈ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਬੂਥ ਪੱਧਰ ਤੇ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਦੇ ਬੂਥ ਲੈਵਲ ਦੇ ਅਹੁਦੇਦਾਰ ਨੂੰ ਬੂਥ ਵਿੱਚ ਪੈਂਦੇ ਸਾਰੇ ਵੋਟਰਾਂ ਦੀ ਸ਼ਨਾਖਤ ਕਰਕੇ ਉਹਨਾਂ ਨਾਲ ਸੰਪਰਕ ਕਾਇਮ ਕਰਨ ਦੀ ਲੋੜ ਹੈ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੀਤੇ ਦੋ ਸਾਲਾਂ ਦੌਰਾਨ ਕੀਤੇ ਲੋਕ ਪੱਖੀ ਕੰਮਾਂ ਨੂੰ ਵੋਟਰਾਂ ਦੀ ਕਚਹਿਰੀ ਵਿੱਚ ਜਨਤਕ ਕਰਨ ਦੀ ਮਹਿਮ ਸ਼ੁਰੂ ਕਰਨੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੂਬੇ ਤੇ ਰਾਜ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਦੇ 40 ਸਾਲਾਂ ਅਤੇ ਬੀਤੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਆਏ ਬਦਲਾਅ ਸਬੰਧੀ ਹਰੇਕ ਵੋਟਰ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਹਨਾਂ ਸਮੂਹ ਅਹੁਦੇਦਾਰਾਂ ਨੂੰ ਪਿੰਡਾਂ ਦੇ ਕਲਸਟਰ ਬਣਾ ਕੇ ਵਰਕਰਜ ਮੀਟਿੰਗ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਲੋਕ ਸਭਾ ਚੋਣਾਂ ਤੱਕ ਆਮ ਆਦਮੀ ਪਾਰਟੀ ਦੇ ਪਟਿਆਲਾ ਲੋਕਸਭਾ ਹਲ਼ਕੇ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਭੁਗਤਣ ਲਈ ਲਾਮਬੰਦ ਕੀਤਾ ਜਾ ਸਕੇ ਅਤੇ ਪਾਰਟੀ ਵੱਲੋਂ ਖੜੇ ਕੀਤੇ ਗਏ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭਰੋਸਾ ਜਤਾਇਆ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ ਅਤੇ ਆਈਟੀ ਰਾਹੀਂ ਦੇਸ਼ ਭਰ ਵਿੱਚ ਭ੍ਰਿਸ਼ਟਾਚਾਰ ਫੈਲਾਇਆ ਹੈ, ਜਿਸ ਦਾ ਖੁਲਾਸਾ ਚੋਣ ਬਾਂਡ ਦੀ ਰਿਪੋਰਟ ਤੋਂ ਹੋਇਆ ਹੈ। ਭਾਜਪਾ ਦੇਸ਼ ਭਰ ਵਿੱਚ ਪਾਰਟੀਆਂ ਨੂੰ ਤਬਾਹ ਕਰ ਰਹੀ ਹੈ। ਭਾਜਪਾ ਨੇ‌ ਈਡੀ ਦੀ ਦੁਰਵਰਤੋ ਕਰਕੇ ਅਰਵਿੰਦ ਕੇਜਰੀਵਾਲ ਉਪਰ ਝੂਠਾ ਕੇਸ ਪਾ ਜੇਲ੍ਹ ਵਿੱਚ ਡਕ ਦਿੱਤਾ ਹੈ। ਰੰਧਾਵਾ ਨੇ ਕਿਹਾ, “ਭਾਜਪਾ ਕੇਜਰੀਵਾਲ ਅਤੇ ਉਹਨਾਂ ਦੀ ਸੋਚ ਤੋਂ ਡਰ ਰਹੀ ਹੈ। ਅੱਜ ਦੇਸ਼ ਦੇ ਲੋਕ ਸਾਹਮਣੇ ਆ ਰਹੇ ਹਨ। ਭਾਜਪਾ ਦੇਸ਼ ਵਿੱਚ ਤਾਨਾਸ਼ਾਹੀ ਰਾਹੀਂ ਲੋਕਤੰਤਰ ਖਤਮ ਕਰਨ ਦਾ ਕੰਮ ਕਰ ਰਹੀ ਹੈ ਜਿਸਦੇ ਮੁਕਾਬਲੇ ਲਈ ਲੋਕ ਵੀ ‘ਇਨਸਾਨੀਅਤ’, ‘ਜਮਹੂਰੀਅਤ’ ਅਤੇ ‘ਪੰਜਾਬੀਅਤ’ ਦੀ ਰਾਖੀ ਲਈ ਤਿਆਰ ਬੈਠੇ ਹਨ।

Leave a Reply

Your email address will not be published. Required fields are marked *